ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ, 2024:
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ।
ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੀਡ ਬੈਂਕ ਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਇਨ੍ਹਾਂ ਮੁਸ਼ਕਿਲਾਂ ਦੇ ਨਾਲ-ਨਾਲ ਪਿਛਲੇ ਸਾਲ ਸਤੰਬਰ ਮਹੀਨੇ ਹੋਈ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਵੱਲੋਂ ਰੱਖੀਆਂ ਗਈਆਂ ਮੰਗਾਂ ’ਤੇ ਹੁਣ ਤੱਕ ਹੋਈ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਗਈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਪੱਸ਼ਟ ਕੀਤਾ ਕਿ ਮੋਹਾਲੀ ਤੇਜ਼ੀ ਨਾਲ ਸਨਅਤੀ ਨਿਵੇਸ਼ ਦਾ ਕੇਂਦਰ ਬਣਦਾ ਜਾ ਰਿਹਾ ਹੈ, ਜਿਸ ਲਈ ਜਿੱਥੇ ਮੌਜੂਦਾ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ ਉੱਥੇ ਨਵੇਂ ਅਤੇ ਮੌਜੂਦਾ ਨਿਵੇਸ਼ਕਾਰਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਵੀ ਸਾਡਾ ਮੁਢਲਾ ਫ਼ਰਜ਼ ਹੈ।
ਮੀਟਿੰਗ ’ਚ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਪ੍ਰਤੀ ਜ਼ਿਲ੍ਹੇ ’ਚ ਕੀਤੀ ਜਾ ਰਹੀ ਕਾਰਵਾਈ ਪ੍ਰਤੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਇੱਕ-ਇੱਕ ਕੇਸ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੌਕੇ ’ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ, ਫ਼ੰਕਸ਼ਨਲ ਮੈਨੇਜਰ ਕੰਵਰਪ੍ਰੀਤ ਕੌਰ ਨੂੰ ਉਨ੍ਹਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਤੈਅ ਸਮੇਂ ’ਚ ਹੱਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਮੁਸ਼ਕਿਲਾਂ ਸੂਬਾ ਪੱਧਰ ’ਤੇ ਹੱਲ ਹੋਣੀਆਂ ਹਨ, ਉਸ ਲਈ ਉਨ੍ਹਾਂ ਪਾਸੋਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਵਾ ਕੇ, ਉਨ੍ਹਾਂ ਦਾ ਨਿਪਟਾਰਾ ਵੀ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮੁਸ਼ਕਿਲਾਂ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ ਮਿੱਥੇ ਸਮੇਂ ’ਤੇ ਨਿਯਮਿਤ ਆਧਾਰ ’ਤੇ ਕਰਵਾਈ ਜਾਵੇ ਤਾਂ ਜੋ ਸਨਅਤਕਾਰਾਂ ਅਤੇ ਨਿਵੇਸ਼ਕਾਰਾਂ ਨੂੰ ਆਪਣੇ ਪਸੰਦੀਦਾ ਸਥਾਨ ’ਤੇ ਨਿਵੇਸ਼ ਕਰਨ ਅਤੇ ਪ੍ਰਾਜੈਕਟ ਲਾਉਣ ’ਚ ਕੋਈ ਮੁਸ਼ਕਿਲ ਨਾ ਆਵੇ।
ਮੀਟਿੰਗ ’ਚ ਮੌਜੂਦ ਜ਼ਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਐਮ ਕੇ ਭਾਰਦਵਾਜ ਨੂੰ ਡਿਪਟੀ ਕਮਿਸ਼ਨਰ ਨੇ ਸਨਅਤਕਾਰਾਂ ਦੀਆਂ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨਾਲ ਸਬੰਧਤ ਸਮੱਸਿਆਵਾਂ ਦਾ ਮੁਲਾਂਕਣ ਕਰ ਕੇ ਰਿਪੋਰਟ ਦੇਣ ਲਈ ਆਖਿਆ। ਮੀਟਿੰਗ ’ਚ ਜ਼ਿਲ੍ਹਾ ਪ੍ਰੀਸ਼ਦ ਦੇ ਉੱਪ ਮੁੱਖ ਕਾਰਜਕਾਰੀ ਅਫ਼ਸਰ ਰਣਜੀਤ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *