ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਕੀਤਾ ਨਿਪਟਾਰਾ

ਫਾਜ਼ਿਲਕਾ, 15 ਜਨਵਰੀ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਦੂਸਰਾ ਵਿਸੇਸ਼ ਕੈਂਪ ਲਗਾ ਕੇ ਨਿਪਟਾਰਾ ਕੀਤਾ ਗਿਆ। ਇਕ ਕੈਂਪ ਵਿੱਚ ਸੈਂਕੜੇ ਲੋਕਾਂ ਦੇ ਲੰਬਿਤ ਇੰਤਕਾਲਾਂ ਦੇ ਮਾਮਲੇ ਨਿਪਟਾਏ ਗਏ।

ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ।

ਉਨ੍ਹਾਂ ਕਿਹਾ ਕਿ ਤਹਿਸੀਲ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਅਤੇ ਸਬ ਤਹਿਸੀਲਾਂ ਖੂਈਆ ਸਰਵਰ, ਅਰਨੀਵਾਲਾ ਤੇ ਸੀਤੋ ਗੁਨੌ ਵਿਖੇ ਇਹ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਜਾਇਦਾਦਾਂ ਸਬੰਧੀ ਕੰਮ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਹਰ ਹੀਲੇ ਬਿਨਾਂ ਕਿਸੇ ਖਜਲ-ਖੁਆਰੀ ਦੇ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ।

ਇਸ ਮੌਕੇ ਐਸ.ਡੀ.ਐਮ. ਸਾਹਿਬਾਨ, ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਆਦਿ ਮੌਜੂਦ ਸਨ।

Leave a Reply

Your email address will not be published. Required fields are marked *