Shadow

‘ਖੇਡਾਂ ਵਤਨ ਪੰਜਾਬ ਦੀਆਂ-2026ְ’ ਤਹਿਤ ਜਲੰਧਰ ’ਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

ਜਲੰਧਰ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਲੰਧਰ ਵਿੱਚ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 10 ਤੋਂ 17 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕੈਟਾਗਰੀਜ਼ ਅਤੇ ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਏ ਜਾਣਗੇ, ਜਦਕਿ ਟੇਬਲ ਟੈਨਿਸ ਦੇ ਮੁਕਾਬਲੇ 12 ਤੋਂ 17 ਅਕਤੂਬਰ ਤੱਕ ਹੰਸਰਾਜ ਸਟੇਡੀਅਮ ਵਿਖੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਲਏ ਜਾਣ। ਇਸ ਤੋਂ ਇਲਾਵਾ ਖੇਡ ਸਥਾਨਾਂ ਦੀ ਸਾਫ਼-ਸਫਾਈ, ਫੋਗਿੰਗ, ਪੀਣ ਵਾਲੇ ਸਾਫ਼ ਪਾਣੀ, ਆਰਜ਼ੀ ਟਾਇਲੈਟਸ, ਸੁਚਾਰੂ ਟਰਾਂਸਪੋਰਟੇਸ਼ਨ ਦੀ ਵਿਵਸਥਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਖੇਡ ਸਥਾਨਾਂ ਅਤੇ ਖਿਡਾਰੀਆਂ ਦੀ ਰਿਹਾਇਸ਼ ਵਾਲੀਆਂ ਥਾਵਾਂ ’ਤੇ ਲੋੜੀਂਦੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਉਹ ਪੂਰੇ ਉਤਸ਼ਾਹ ਨਾਲ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਸਕਣ।
ਮੀਟਿੰਗ ਵਿੱਚ ਐਸ.ਡੀ.ਐਮ. ਸ਼ੁਭੀ ਆਂਗਰਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *