ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਾਕਾਰਤਮਕ ਦਿਸ਼ਾ ਦੇਣ ਲਈ ਇੱਕ ਵੱਡੀ ਪਹਿਲਕਦਮੀ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਗਈ ਮੈਗਾ ਪੀ.ਟੀ.ਐਮ. ਵਿੱਚ ਲਗਭਗ 21 ਲੱਖ ਮਾਪੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਸਮਰਥਾਵਾਂ ਅਤੇ ਹੋਰ ਸੁਧਾਰ ਵਾਲੇ ਖੇਤਰਾਂ 'ਤੇ ਵਿਸਥਾਰਤ ਚਰਚਾ ਕੀਤੀ ਗਈ। ਮਾਪਿਆਂ ਦੀ ਇਸ ਰਿਕਾਰਡ ਗਿਣਤੀ ਵਿੱਚ ਸ਼ਮੂਲੀਅਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਇਆ ਹੈ।
ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ ਦਿੱਤੀ।...








