ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨ ਤਾਰਨ ਸ੍ਰੀ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨ ਤਾਰਨ ਤੋਂ ਸ਼ੁਰੂ ਹੋਈ ਇਹ “ਮੇਰਾ ਘਰ, ਮੇਰਾ ਮਾਣ” ਮੁਹਿੰਮ ਸੂਬੇ ਵਿੱਚ ਨਵੀ...








