ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼
ਚੰਡੀਗੜ੍ਹ, 13 ਅਪ੍ਰੈਲ:- ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ 'ਬੇਅਦਬੀ' ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ।
ਅੱਜ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਹ ਕਦਮ ਸੂਬਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਸੋਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਸਰਕਾਰ ਨੇ ਸਖ਼ਤ, ਸਮਾਂਬੱਧ ਕਾਰਵਾਈ ਕਰਨ ਅਤੇ 'ਬੇਅਦਬੀ' ਦੇ ਮਾਮਲਿਆਂ ਵਿੱਚ ਸਮਝੌਤੇ ਦੀ ਕਿਸੇ ਵੀ ਗੁੰਜਾਇਸ਼ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਪੰਜਾਬ ਵਿਧਾਨ ਸਭਾ ਵਿੱਚ ਇਸ ਇਤਿਹਾਸਕ ਬਿੱਲ 'ਤੇ ਚਰਚਾ ਸ਼ੁਰੂ ਕਰਦਿਆਂ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ।...








