ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 28 ਸਤੰਬਰ:
ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।
ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਹੁ-ਪੱਖੀ ਆਈ.ਈ.ਸੀ. ਰਣਨੀਤੀ ਵਿੱਚ ਵੱਧ ਤੋਂ ਵੱਧ ਪਹੁੰਚ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ। ...








