ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ
ਚੰਡੀਗੜ੍ਹ, 7 ਫਰਵਰੀ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।
...








