ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ –
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ, ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ਵਾਲੀ ਗੱਲ ਹੈ ਜ...








