ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।...








