Wednesday, March 11
Shadow

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ

ਮੋਗਾ, 16 ਅਪ੍ਰੈਲ –
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਈ ਹੈ। ਪਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਆਮਦ ਅੱਜ ਤੋਂ ਸ਼ੁਰੂ ਹੋਈ ਹੈ। ਅੱਜ ਪਹਿਲੇ ਦਿਨ 200 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੋਗਾ ਦੀ ਮੁੱਖ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੂ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰ ਜਸ਼ਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਸ੍ਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ, ਮੋਗਾ ਨੇ ਰੱਬੀ ਸੀਜ਼ਨ 2024—25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 54 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 113 ਮੰਡੀਆਂ ਵਿੱਚ ਅੰਦਾਜ਼ਨ 693201 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ 24331 ਗੱਠਾਂ ਦੀ ਜਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ / ਗੱਠਾਂ ਉਪਲੱਬਧ ਹਨ।
ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024—25 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 113 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

Leave a Reply

Your email address will not be published. Required fields are marked *