ਮੋਗਾ, 8 ਫਰਵਰੀ (000) –
ਪੰਜਾਬ ਸਰਕਾਰ ਵੱਲੋਂ ਇਕ ਪਾਸੇ ਸੂਬੇ ਦੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸੇਵਾਵਾਂ ਦੇਣ ਲਈ ”ਆਪ ਦੀ ਸਰਕਾਰ, ਆਪ ਦੇ ਦੁਆਰ” ਸ਼ੁਰੂ ਕੀਤੀ ਗਈ ਹੈ, ਦੂਜੇ ਪਾਸੇ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਵੀ ਉਹਨਾਂ ਦੇ ਦਰਾਂ ਉੱਤੇ ਜਾ ਕੇ ਨਿਪਟਾਏ ਜਾਣ। ਇਸੇ ਤਹਿਤ ਅੱਜ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ ਉੱਤੇ ਮੋਗਾ ਪਹੁੰਚੇ ਅਤੇ ਦੋ ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਅੱਧੇ ਘੰਟੇ ਵਿੱਚ ਸੁਲਝਾ ਦਿੱਤੇ।
ਦੱਸਣਯੋਗ ਹੈ ਕਿ ਸਥਾਨਕ ਬੁੱਘੀਪੁਰਾ ਚੌਕ ਨੇੜੇ ਤਿੰਨ ਐੱਨ ਆਰ ਆਈ ਭਰਾਵਾਂ ਦੀ ਜ਼ਮੀਨ ਉੱਤੇ ਕਿਸੇ ਕੋਲੋਨਾਈਜ਼ਰ ਨੇ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਹੀ ਕਥਿਤ ਤੌਰ ਉੱਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜਿਸ ਉੱਤੇ ਕੁਲਦੀਪ ਸਿੰਘ ਧਾਲੀਵਾਲ ਨੇ ਦੋਵੇਂ ਧਿਰਾਂ ਨੂੰ ਆਹਮਣੇ ਸਾਹਮਣੇ ਬਿਠਾ ਕੇ ਐੱਸ ਡੀ ਐੱਮ ਨੂੰ 21 ਫਰਵਰੀ ਤੋਂ ਪਹਿਲਾਂ ਪਹਿਲਾਂ ਕਾਨੂੰਨ ਅਨੁਸਾਰ ਰਜਿਸਟਰੀ ਕਰਵਾਉਣ ਲਈ ਕਹਿ ਦਿੱਤਾ।
ਇਸੇ ਤਰ੍ਹਾਂ ਪਿੰਡ ਤਖਾਣਬੱਧ ਵਿਖੇ ਇਕ ਐਨ ਆਰ ਆਈ ਔਰਤ ਵੱਲੋਂ ਦੋਸ਼ ਲਗਾਏ ਗਏ ਸਨ ਕਿ ਉਸਦੀ ਮਾਲਕੀ ਵਾਲੀ ਜ਼ਮੀਨ ਦੇ ਨਾਲ ਕੁਝ ਲੋਕਾਂ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਨਿਰਮਾਣ ਅਤੇ ਪੁਟਾਈ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਉਸਦੀ ਜ਼ਮੀਨ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਇਸ ਮਸਲੇ ਉੱਤੇ ਕੁਲਦੀਪ ਸਿੰਘ ਧਾਲੀਵਾਲ ਨੇ ਐੱਸ ਡੀ ਐੱਮ ਨੂੰ ਆਪਣੀ ਨਿਗਰਾਨੀ ਵਿੱਚ ਸਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਅਤੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ। ਇਸ ਉੱਤੇ ਦੋਵੇਂ ਧਿਰਾਂ ਨੇ ਆਪਣੀ ਸਹਿਮਤੀ ਦਿੱਤੀ। ਇਸ ਤਰ੍ਹਾਂ ਇਹ ਦੋਵੇਂ ਮਸਲੇ ਸਾਰੀਆਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਅੱਧੇ ਘੰਟੇ ਵਿੱਚ ਹੱਲ ਕਰ ਦਿੱਤੇ ਗਏ। ਸ੍ਰ ਧਾਲੀਵਾਲ ਨੇ ਮੌਕੇ ਉੱਤੇ ਹਾਜ਼ਰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੂੰ ਇਹਨਾਂ ਦੋਵੇਂ ਮਸਲਿਆਂ ਬਾਰੇ 21 ਫਰਵਰੀ ਤੋਂ ਪਹਿਲਾਂ ਰਿਪੋਰਟ ਭੇਜਣ ਲਈ ਕਿਹਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ਵਿੱਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਪਾਲਿਸੀ ਤਿਆਰ ਕਰ ਰਹੀ ਹੈ।
ਉਹਨਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਤੇ ਉਸ ਦੇ ਹੱਲ ਲਈ ਪੰਜਾਬ ਸਰਕਾਰ ਲਗਾਤਾਰ ਦੂਜੇ ਸਾਲ ਐਨ.ਆਰ.ਆਈ. ਮਿਲਣੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੀ ਐਨ ਆਰ ਆਈ ਮਿਲਣੀ 22 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਹੋਵੇਗੀ, ਜਿਸ ਵਿਚ ਐਨ ਆਰ ਆਈ ਪਰਿਵਾਰਾਂ ਦੇ ਮੌਕੇ ਉੱਤੇ ਮਸਲੇ ਹੱਲ ਕੀਤੇ ਜਾਣਗੇ। ਉਹਨਾਂ ਲਾਹਾ ਲੈਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੁਨੀਆ ਭਰ ਦੇ ਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਇਹ ਸੱਦਾ ਦਿੰਦੀ ਹੈ ਕਿ ਪੰਜਾਬ ਤੁਹਾਡਾ ਹੈ, ਤੁਸੀਂ ਪੰਜਾਬ ਆਓ, ਪੰਜਾਬ ਸਰਕਾਰ ਤੁਹਾਡੀਆਂ ਜ਼ਮੀਨਾਂ ਦੀ ਰਾਖੀ, ਤੁਹਾਡੇ ਜਾਨ ਮਾਲ ਦੀ ਰਾਖੀ ਅਤੇ ਤੁਹਾਡੇ ਕਾਰੋਬਾਰ ਦੀ ਰਾਖੀ ਲਈ ਵਚਨਵੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।
ਉਹਨਾਂ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।
ਇਸ ਮੌਕੇ ਉਹਨਾਂ ਨਾਲ ਸ੍ਰ ਮਨਜੀਤ ਸਿੰਘ ਬਿਲਾਸਪੁਰ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਐਸ ਡੀ ਐੱਮ ਸ੍ਰ ਸਰੰਗਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।