ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਦੁਹਰਾਈ

ਚੰਡੀਗੜ੍ਹ, 20 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਦੁਹਰਾਇਆ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ “ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ” ਰੱਖਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਵਿੱਚ ਆਜ਼ਾਦੀ ਦੀ ਪ੍ਰਾਪਤੀ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਇਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਂ ਮਹਾਨ ਕੌਮੀ ਆਗੂਆਂ ਦੇ ਨਾਂ ‘ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

Leave a Reply

Your email address will not be published. Required fields are marked *