ਮਾਨਸਾ, 04 ਦਸੰਬਰ :
ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਡਾ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਹੁਤ ਮਹੱਤਵਪੂਰਣ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਖੇ ਕੋਈ ਵੀ ਮਰੀਜ਼ ਇੱਕ ਆਸ ਦੀ ਕਿਰਨ ਲੈ ਕੇ ਆਉਂਦਾ ਹੈ। ਇਸ ਲਈ ਮਰੀਜ਼ ਅਤੇ ਉਸ ਦੇ ਪਰਿਵਾਰਿਕ ਮੈਂਬਰ ਉਸ ਸੰਸਥਾ ਵਿੱਚੋਂ ਖੁਸ਼ ਹੋ ਕੇ ਜਾਣ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨ ਲਈ 100 ਦਿਨ ਦੀ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਨੂੰ ਇਸ ਤਪਦਿਕ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਉਨ੍ਹਾਂ 08 ਤੋਂ 10 ਦਸੰਬਰ 2024 ਤੱਕ ਚੱਲਣ ਵਾਲੀ ਪੋਲੀਓ ਦੀ ਮੁਹਿੰਮ ਪ੍ਰਤੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਬਾਰੇ ਵੀ ਨਵੇਂ ਭਰਤੀ ਡਾਕਟਰਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਜੈ ਕੁਮਾਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸੰਦੀਪ ਸਿੰਘ ਸੁਪਰਡੈਂਟ, ਚੰਦਰਸ਼ੇਖਰ, ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਸੰਤੋਸ਼ ਭਾਰਤੀ ਤੋਂ ਇਲਾਵਾ ਨਵ-ਨਿਯੁਕਤ ਮੈਡੀਕਲ ਅਫਸਰ ਮੌਜੂਦ ਸਨ।