ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ 10 ਜਨਵਰੀ

26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐਸ. ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਇਹ ਹਦਾਇਤ ਕੀਤੀ ਕਿ ਇਸ ਵਾਰ ਜਿਲੇ ਦੇ ਸਾਰੇ ਆਜ਼ਾਦੀ ਘੁਲਾਟੀਏ ਅਤੇ ਜੰਗੀ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇਸ ਰਾਸ਼ਟਰੀ ਤਿਉਹਾਰ ਨੂੰ ਜੋਸ਼ ਅਤੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੰਦੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਸ ਦਿਨ ਸ਼ਹਿਰ ਦੇ ਸਾਰੇ ਚੌਂਕ ਅਤੇ ਮੁੱਖ ਰਸਤਿਆਂ ਉੱਤੇ ਸਜਾਵਟ ਕੀਤੀ ਜਾਵੇ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਐਸ ਡੀ ਐਮ ਅਰਵਿੰਦਰ ਪਾਲ ਸਿੰਘ, ਐਸ ਪੀ ਸ੍ਰੀਮਤੀ ਪਲਵਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਜੀਵ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *