ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਫਿਰੋਜ਼ਪੁਰ 1 ਨਵੰਬਰ 2024
 ਫਿਰੋਜ਼ਪੁਰ ਜ਼ਿਲ੍ਹੇ ‘ਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਤਰਾਂਵਾਲੀ, ਪੱਲਾ ਮੇਘਾ, ਉਸਮਾਨ ਵਾਲਾ, ਕੁਤਬੇ ਵਾਲਾ, ਦੁਲਚੀ ਕੇ ਦੂਜੀ ਕੇ ਤੇ ਕਮਾਲੇ ਵਾਲਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ ਸਿੰਘ ਅਤੇ ਨਾਇਬ ਤਹਿਸੀਦਾਰ ਜੈਮਨਦੀਪ ਸਿੰਘ ਵੀ ਮੌਜੂਦ ਸਨ।
ਇਸ ਦੌਰਾਨ ਉਹਨਾਂ ਕੁਝ ਕੁ ਕਿਸਾਨਾਂ ਦੇ ਖੇਤਾਂ ਵਿੱਚ ਸੜੀ ਹੋਈ ਪਰਾਲੀ ਨੂੰ ਦੇਖਦਿਆਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਵੀ ਕੀਤਾ। ਉਨ੍ਹਾਂ ਦੱਸਿਆ ਕਿ ਕੁੱਲ ਜ਼ਿਲ੍ਹੇ ਵਿੱਚ ਸੈਟੇਲਾਈਟ ਨਾਲ ਆਏ 351 ਪਰਾਲੀ ਸਾੜਨ ਦੇ ਮਾਮਲਿਆਂ ਵਿਚੋਂ 288 ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਗਏ ਹਨ!
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਕਰਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਕਿਸਾਨ ਵੀਰਾਂ ਨੂੰ ਵਾਤਾਵਰਣ ਸੰਭਾਲਣ ਦੀ ਅਪੀਲ ਕਰ ਰਹੇ ਹਨ ਪਰ ਫਿਰ ਵੀ ਕੁਝ ਥਾਵਾਂ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਫਸਲਾਂ ਦੀ ਰਹਿੰਦ ਖੂੰਦ ਨੂੰ ਸਾੜਨ ਤੋਂ ਰੋਕਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

Leave a Reply

Your email address will not be published. Required fields are marked *