ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਲੁਧਿਆਣਾ, 25 ਜਨਵਰੀ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਨੇੜੇ ਭਾਰਤ ਨਗਰ ਚੌਂਕ ਵਿਖੇ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।

ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ 25 ਜਨਵਰੀ 2011 ਤੋਂ ਮਨਾਏ ਜਾ ਰਹੇ ਇਸ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ ਵੋਟ ਦਾ ਅਧਿਕਾਰ ਸਾਡੇ ਸੰਵਿਧਾਨ ਵੱਲੋਂ ਦਿੱਤੇ ਸਭ ਤੋਂ ਵੱਡੇ ਸਾਧਨਾਂ ਵਿੱਚੋਂ ਇੱਕ ਹੈ।

ਉਨ੍ਹਾਂ ਅੱਗੇ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਹੈ ਅਤੇ ਸਾਰਿਆਂ ਨੂੰ ਇਹ ਫਰਜ਼ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਹੀ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤ ਵਰਗੇ ਆਜ਼ਾਦ ਦੇਸ਼ ਵਿੱਚ ਰਹਿ ਕੇ ਮਾਣ ਮਹਿਸੂਸ ਕਰਦੇ ਹਾਂ, ਪਰ ਸਾਨੂੰ ਸਾਰਿਆਂ ਨੂੰ ਇਹ ਵੀ ਸਮਝਣਾ ਚਾਹੀਦਾ ਹੈ ਕਿ ਭਾਰਤ ਨੂੰ ਬਹੁਤ ਸੰਘਰਸ਼ ਤੋਂ ਬਾਅਦ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਜੋ ਕਿ ਸਾਡੀ ਨੈਤਿਕ ਜਿੰਮੇਵਾਰੀ ਵੀ ਬਣਦੀ ਹੈ।

ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਣ ਸਬੰਧੀ ਸੁਚਾਰੂ ਪ੍ਰਬੰਧਾਂ ਲਈ, ਵਧੀਕ ਡਿਪਟੀ ਕਮਿਸ਼ਨਰ ਮੇਜ਼ਰ ਅਮਿਤ ਸਰੀਨ ਵਲੋਂ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ 18-19 ਉਮਰ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਕੀਤੇ ਗਏ ਕੰਮਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਐਸ.ਡੀ.ਐਮ. ਲੁਧਿਆਣਾ (ਪੂਰਬੀ) ਸ੍ਰੀ ਵਿਕਾਸ ਹੀਰਾ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਰਵੋਤਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਸਰਕਾਰੀ ਪ੍ਰਾਇਮਰੀ ਸਕੂਲ, ਚੰਦਰ ਨਗਰ, ਲੁਧਿਆਣਾ ਦੀ ਅਧਿਆਪਕਾ ਸ੍ਰੀਮਤੀ ਸੁ਼ੱਭਲਤਾ ਨੂੰ ਜ਼ਿਲ੍ਹਾ ਲੁਧਿਆਣਾ ਦਾ ਸਰਵੋਤਮ ਬੂਥ ਲੈਵਲ ਅਫ਼ਸਰ ਚੁਣਿਆ ਗਿਆ।

ਐਸੋਸੀਏਟ ਪ੍ਰੋਫੈਸਰ ਡਾ. ਖੁਸ਼ਦੀਪ ਕੌਰ ਨੂੰ ਵੀ ਸਰਵੋਤਮ ਨੋਡਲ ਅਫਸਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਹਰੀ ਓਮ ਜਿੰਦਲ ਨੂੰ ਵੀ ਜ਼ਿਲ੍ਹਾ ਸਵੀਪ ਆਈਕਨ ਵਜੋਂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਮੋਹਨ ਮਹੰਤ ਨੂੰ ਟਰਾਂਸਜੈਂਡਰ ਵੋਟਰਾਂ ਦੇ ਸਵੀਪ ਆਈਕਨ ਵਜੋਂ ਸਮਾਗਮ ਦੌਰਾਨ ਪਹਿਲੀ ਵਾਰ ਵੋਟਰਾਂ ਨੂੰ ਐਪਿਕ ਕਾਰਡ ਵੀ ਸੌਂਪੇ ਗਏ।

ਵਧੀਕ ਡਿਪਟੀ ਕਮਿਸ਼ਨਰ ਮੇਜ਼ਰ ਅਮਿਤ ਸਰੀਨ ਵਲੋਂ ਇਸ ਮੌਕੇ ਹਾਜ਼ਰ ਸਮੂਹ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਤੰਤਰ ਅਤੇ ਨਿਰਪੱਖਤਾ ਨਾਲ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *