ਫ਼ਰੀਦਕੋਟ 13 ਜਨਵਰੀ,2025
ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 31 ਜਨਵਰੀ 2025 ਤੱਕ ਰੋਡ ਸੇਫਟੀ ਮਹੀਨਾ ਮਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਪੁਲਿਸ ਅਤੇ ਆਰ.ਟੀ.ਏ ਵਿਭਾਗ ਨੂੰ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਦੀ ਹਦਾਇਤ ਕੀਤੀ । ਬੱਸਾਂ ਵਿੱਚ ਔਰਤਾਂ ਦੀ ਸੁਰੱਖਿਆਂ ਲਈ ਸੇਫਟੀ ਬਟਨ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਕੀਤੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਰੈਗੂਲਰ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ ।
ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲ ਦੇ ਵਾਹਨ ਚਲਾਉਣ ਵਾਲੇ ਡਰਾਈਵਰਾਂ ਦੀ ਸਮੇਂ ਸਮੇਂ ਸਿਹਤ ਜਾਂਚ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਣ ਲਈ ਬੈਲਟ ਲਗਾਉਣ ਨਾਲ ਕਾਫੀ ਹੱਦ ਤੱਕ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਬਲੈਕ ਸਪੋਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਸੜਕ ਯਾਤਾਯਾਤ ਵਿੱਚ ਖਤਰਨਾਕ ਥਾਵਾਂ ਵਿੱਚ ਟੀ ਪੁਆਇੰਟ ਟਹਿਣਾ ਅਤੇ ਹਾਈਵੇ ਕੋਟਕਪੂਰਾ ਸ਼ਹਿਰ ਸ਼ਾਮਿਲ ਹਨ ਅਤੇ ਇਸ ਤੋਂ ਇਲਾਵਾ ਹੋਰ ਬਲੈਕ ਸਪੋਟਾਂ ਦੀ ਨਿਸ਼ਾਨ ਦੇਹੀ ਕਰਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਐਕਸੀਡੈਂਟ ਰਾਤ ਸਮੇਂ ਹੁੰਦੇ ਹਨ । ਇਸ ਕਾਰਨ ਰਾਤ ਸਮੇਂ ਅਤਿਅੰਤ ਸੁਚੇਤ ਹੋ ਕੇ ਡਰਾਈਵ ਕਰਨ ਦੀ ਲੋੜ ਹੈ। ਇਨ੍ਹਾਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਵੀ ਤਾਇਨਾਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਾਡੀ ਥੋੜੀ ਜਿਹੀ ਲਾਪਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਾਨੂੰ ਟਰੈਫਿਕ ਨਿਯਮਾਂ ਨੂੰ ਅਖੋਂ ਪਰੋਖੇ ਨਹੀਂ ਕਰਨਾ ਚਾਹੀਦਾ ।
ਇਸ ਮੌਕੇ ਸ. ਜਸਵਿੰਦਰ ਸਿੰਘ ਏ.ਆਰ.ਟੀ.ਓ, ਪਵਨ ਕੁਮਾਰ ਡੀ.ਈ.ਓ ਐਲੀਮੈਂਟਰੀ, ਸ੍ਰੀ ਅਮ੍ਰਿਤ ਲਾਲ ਈ.ਓ, ਡਾ. ਰਾਜਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ , ਸ. ਸਰਬਜੀਤ ਸਿੰਘ ਬੀ.ਡੀ.ਪੀ.ਓ ਫ਼ਰੀਦਕੋਟ,ਸ੍ਰੀ ਅਭਿਨਵ ਗੋਇਲ ਬੀ.ਡੀ.ਪੀ.ਓ ਕੋਟਕਪੂਰਾ, ਸ. ਨਵਦੀਪ ਸਿੰਗਲਾ ਐਸ.ਡੀ.ਓ,ਸ.ਸਮਸ਼ੇਰ ਸਿੰਘ ਡੀ.ਐਸ.ਪੀ, ਸ੍ਰੀ ਪ੍ਰਦੀਪ ਦਿਉੜਾ ਡਿਪਟੀ ਡੀ.ਈ.ਓ, ਸ. ਵਕੀਲ ਸਿੰਘ ਜ਼ਿਲ੍ਹਾ ਟਰੈਫਿਕ ਇੰਚਾਰਜ,ਐਨ.ਜੀ.ਓ ਤੋਂ ਸ੍ਰੀ ਪ੍ਰਵੀਨ ਕਾਲਾ, ਸ੍ਰੀ ਉਦੇਰਣਦੇਵ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।