ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ -ਧਾਲੀਵਾਲ

ਅੰਮ੍ਰਿਤਸਰ 8 ਨਵੰਬਰ

ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਨਗਰ ਕੌਂਸਲ ਵਿੱਚ ਦੋ ਲੋੜਵੰਦਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਰਦੇ ਦੱਸਿਆ ਕਿ ਉਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਨੌਕਰੀ ਦੌਰਾਨ ਅਕਾਲ ਚਲਾਣਾ ਕਰ ਗਏ ਸਨ ਅਤੇ ਪਰਿਵਾਰ ਦੀ ਆਰਥਿਕ ਲੋੜ ਨੂੰ ਦੇਖਦੇ ਹੋਏ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਜ ਨੌਕਰੀ ਦਿੱਤੀ ਜਾ ਰਹੀ। ‌

ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਵਾਸਤੇ ਸਖਤ ਕਦਮ ਉਠਾਏ ਹਨ ਅਤੇ ਸਰਕਾਰ ਵੱਲੋਂ 47 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇ ਕੇ ਇੱਕ ਰਿਕਾਰਡ ਸਥਾਪਤ ਕੀਤਾ ਹੈ।

ਸ ਧਾਲੀਵਾਲ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਮੇਰਾ ਮੁਢਲਾ ਫਰਜ਼ ਹੈ ਅਤੇ ਮੇਰੀ ਕੋਸ਼ਿਸ਼ ਹੁੰਦੀ ਹੈ ਕਿ ਹਰੇਕ ਲੋੜਵੰਦ ਨੂੰ ਉਸ ਦੀ ਲੋੜ ਅਨੁਸਾਰ ਸਹਾਇਤਾ ਦਿੱਤੀ ਜਾਵੇ ਅਤੇ ਮੈਂ ਇਸ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹਾਂ। ਸ ਧਾਲੀਵਾਲ ਨੇ ਹਵਾਈ ਅੱਡਿਆਂ ਉੱਤੇ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ਤੋਂ ਰੋਕਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਵਿਰੋਧਤਾ ਕਰਦੇ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਜਰੂਰੀ ਪੰਜ ਕਕਾਰਾਂ ਦਾ ਇੱਕ ਹਿੱਸਾ ਹੈ ਅਤੇ ਇਸ ਨੂੰ ਅੰਮ੍ਰਿਤਧਾਰੀ ਸਿੱਖ ਕਿਸੇ ਵੀ ਹਾਲਤ ਵਿੱਚ ਆਪਣੇ ਤੋਂ ਦੂਰ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਆਜ਼ਾਦੀ ਉੱਤੇ ਵੱਡਾ ਹਮਲਾ ਹੈ। ਸ ਧਾਲੀਵਾਲ ਨੇ ਕਿਹਾ ਕਿ ਅੱਜ ਦੁਨੀਆਂ ਭਰ ਵਿੱਚ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਆਗਿਆ ਦਿੱਤੀ ਜਾ ਰਹੀ ਹੈ ਅਤੇ ਭਾਰਤ ਵਿੱਚ ਕਿਰਪਾਨ ਪਹਿਨਣ ਤੋਂ ਰੋਕਣਾ ਇੱਕ ਵੱਡੀ ਗਲਤੀ ਹੈ, ਇਸ ਨੂੰ ਤੁਰੰਤ ਵਾਪਸ ਲੈਣ ਦੀ ਲੋੜ ਹੈ।

Leave a Reply

Your email address will not be published. Required fields are marked *