ਤਰਨ ਤਾਰਨ, 24 ਮਈ :
ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਢਾਲਾ, ਨੌਸ਼ਹਿਰਾ, ਚੀਮਾਂ ਕਲਾਂ, ਸ਼ੁੱਕਰਚੱਕ ਅਤੇ ਚੀਮਾਂ ਖੁਰਦ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਵਿਧਾਇਕ ਡਾ. ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਬਹੁਤ ਸਾਥ ਮਿਲ ਰਿਹਾ ਹੈ ਅਤੇ ਜਿਸ ਕੰਮ ਵਿੱਚ ਲੋਕਾਂ ਦੀ ਭਾਗੀਦਾਰੀ ਹੋਵੇ, ਉਸ ਵਿੱਚ ਜਿੱਤ ਯਕੀਨੀ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ, ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਅਲਗੋਂ ਕਲਾਂ, ਅਲਗੋਂ ਖੁਰਦ, ਅਲਗੋਂ ਕੋਠੀ, ਛੰਨਾ, ਵਾੜਾ ਸ਼ੇਰ ਸਿੰਘ ਅਤੇ ਵਾੜਾ ਟਾਲੀਆਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਹਨਾਂ ਕਿਹਾ ਕਿ ਰਾਜ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ `ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਨਸ਼ੇ ਦਾ ਮੁਕੰਮਲ ਖਾਤਮਾ ਕਰਨਾ ਯਕੀਨੀ ਬਣਾੲਅਿਾ ਜਾਵੇਗਾ।
ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਰੂੜੇ ਆਸਲ, ਮੁਗਲ ਚੱਕ ਪੰਨੂਆ ਅਤੇ ਬੁੱਘਾ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਜੰਗ ਨੂੰ ਜਿੱਤਿਆ ਜਾ ਸਕਦਾ ਹੈ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਖੁੱਲ਼੍ਹ ਕੇ ਆਵਾਜ਼ ਉਠਾਉਣ ਤਾਂ ਜੋ ਇਸ ਸਮਾਜਿਕ ਬੁਰਾਈ ਦਾ ਅੰਤ ਕੀਤਾ ਜਾ ਸਕੇ।
ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ

