ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ: ਖੇਤੀਬਾੜੀ ਵਿਭਾਗ

ਸ੍ਰੀ ਮੁਕਤਸਰ ਸਾਹਿਬ 19 ਜੁਲਾਈ

ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ ਫ਼ਸਲ ਦਾ ਸਰਵੇਖਣ ਕੀਤਾ ਜਾਂਦਾ ਹੈ। ਨਰਮੇਂ ਦੀ ਫ਼ਸਲ ਤੇ ਕੀਤੇ ਗਏ ਸਰਵੇਖਣ ਦੇ ਅਧਾਰ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੀ ਸਿ਼ਫਾਰਸ਼ ਕੀਤੀ ਜਾਂਦੀ ਹੈ। ਮਿਤੀ 17 ਜੁਲਾਈ 2024 ਨੂੰ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ 27 ਪੈਸਟ ਸਰਵੇਲੈਂਸ ਟੀਮਾਂ ਵੱਲੋਂ ਕੁੱਲ 101 ਖੇਤਾਂ ਦਾ ਸਰਵੇਖਣ ਕੀਤਾ ਗਿਆ। ਕੁੱਲ ਦੇਖੇ ਗਏ 101 ਖੇਤਾਂ ਵਿੱਚੋਂ ਸਰਵੇਖਣ ਦੌਰਾਨ 8 ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਪਾਇਆ ਗਿਆ ਅਤੇ ਮੌਕੇ ਤੇ ਹੀ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਦੇ ਸਪਰੇਅ ਦੀ ਸਿ਼ਫਾਰ਼ਸ ਕੀਤੀ ਗਈ।
ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਦੱਸਿਆ ਕਿ ਚਿੱਟੀ ਮੱਖੀ ਦੇ ਹਮਲੇ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦਾ ਨਿਰੀਖ਼ਣ ਹਰ ਰੋਜ਼ ਸਵੇਰੇ 8:00 ਵਜੇ ਤੋਂ 10:00 ਵਜੇ ਤੱਕ ਕਰਨ। ਉਨ੍ਹਾਂ ਦੱਸਿਆ ਕਿ ਪੀ.ਏ.ਯੂ. ਲੁਧਿਆਣਾ ਦੀਆਂ ਸਿ਼ਫਾਰਸ਼ਾਂ ਅਨੁਸਾਰ ਜੇਕਰ ਨਰਮੇਂ ਦੀ ਫ਼ਸਲ ਉਪਰ ਚਿੱਟੀ ਮੱਖੀ ਦੇ ਬਾਲਗਾਂ ਦੀ ਗਿਣਤੀ ਪ੍ਰਤੀ ਪੱਤਾ 6 ਤੋਂ ਵਧ ਹੋ ਜਾਵੇ ਤਾਂ ਸਪਰੇਅ ਦੀ ਜ਼ਰੂਰਤ ਹੈ। ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ ਪਾਇਰੀਫਲੂਕੀਨਾਜ਼ੋਨ 20 ਡਬਲਯੂ ਜੀ(ਕਲਾਸਟੋ) 200 ਗ੍ਰਾਮ ਜਾਂ ਅਫਿਡੋਪਾਇਰੋਪਿਨ 50 ਡੀ.ਸੀ.(ਸਫ਼ੀਨਾ) 400 ਮਿ:ਲੀ: ਜਾਂ ਡਾਇਨੋਟੈਫੂਰਾਨ 20 ਐਸ.ਜੀ.(ਓਸ਼ੀਨ) 60 ਗ੍ਰਾਮ ਜਾਂ ਫਲੋਨਿਕਾਮਿਡ 50 ਡਬਲਯੂ ਜੀ (ਓਲਾਲਾ) 80 ਗ੍ਰਾਮ ਜਾਂ ਕਲੋਥੀਅਨਡਿਨ 50 ਡਬਲਯੂ ਜੀ (ਡੈਂਟਟੋਟਸੂ) 20 ਗ੍ਰਾਮ ਜਾਂ ਈਥੀਆਨ 50 ਈ.ਸੀ. 800 ਮਿ:ਲੀ: ਪ੍ਰਤੀ ਏਕੜ ਕੀਤੀ ਜਾਵੇ। ਚਿੱਟੀ ਮੱਖੀ ਦੇ ਬੱਚਿਆਂ ਦੀ ਰੋਕਥਾਮ ਲਈ ਪਾਈਰੀਪਰੋਕਸੀਫਿਨ 10 ਈ.ਸੀ.(ਲੈਨੋ) 500 ਮਿ:ਲੀ: ਪ੍ਰਤੀ ਏਕੜ ਕੀਤੀ ਜਾਵੇ। ਇਸ ਸਮੇਂ ਨਰਮੇਂ ਦੀ ਫ਼ਸਲ ਨੂੰ ਸੋਕਾ ਨਾ ਲੱਗਣ ਦਿੱਤਾ ਜਾਵੇ ਕਿਉਂਕਿ ਔੜ ਵਿੱਚ ਚਿੱਟੀ ਮੱਖੀ ਅਤੇ ਭੂਰੀ ਜੂੰ ਦਾ ਹਮਲਾ ਵਧ ਜਾਂਦਾ ਹੈ।
ਉਹਨਾ ਕਿਹਾ ਕਿ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲਈ ਸ਼੍ਰੀ ਸ਼ਵਿੰਦਰ ਸਿੰਘ 99154—85041 ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਪਰਮਿੰਦਰ ਸਿੰਘ ਧੰਜੂ 98780—20311, ਬਲਾਕ ਖੇਤੀਬਾੜੀ ਅਫ਼ਸਰ, ਮਲੋਟ, ਸ਼੍ਰੀ ਜਗਮੋਹਨ ਸਿੰਘ 98883—20068 ਖੇਤੀਬਾੜੀ ਵਿਕਾਸ ਅਫ਼ਸਰ, ਬਲਾਕ ਗਿੱਦੜਬਾਹਾ ਅਤੇ ਸ਼੍ਰੀ ਵਿਜੈ ਸਿੰਘ 75894—11911 ਬਲਾਕ ਖੇਤੀਬਾੜੀ ਅਫ਼ਸਰ ਲੰਬੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *