ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 13 ਜੂਨ:

ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ।

ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ ’ਤੇ ਰਜਿਸਟ੍ਰਡ ਹੋਣ ਦੀ ਆਖ਼ਰੀ ਮਿਤੀ 24 ਜੂਨ 2024 ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrisubsidy.agrimachinerypb.com/#/dsr-registration ’ਤੇ 24 ਜੂਨ 2024 ਤੱਕ ਦਰਜ਼ ਕਰਵਾ ਲੈਣ, ਤਾਂ ਜੋ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ ’ਤੇ ਦਰਜ਼ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸਬੰਧਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕਿਸਾਨ ਵੱਲੋਂ ਰਜਿਸਟ੍ਰੇਸ਼ਨ ਕਰਨ ਸਮੇਂ ਉਸ ਪਾਸ ਅਧਾਰ ਕਾਰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਵਿੱਚ) ਹੋਣੀ ਚਾਹੀਦੀ ਹੈ ਅਤੇ ਇਸ ਪੋਰਟਲ ’ਤੇ ਕੇਵਲ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਹੀ ਆਪਣੇ ਵੇਰਵੇ ਦੇਣੇ ਹਨ।

Leave a Reply

Your email address will not be published. Required fields are marked *