ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ।

ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।

ਅਗਲੇ ਹੁਕਮ ਅਨੁਸਾਰ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਜਾਰੀ ਆਦੇਸ਼ਾਂ ’ਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਨਾਂ ਇਲਾਕਿਆਂ ’ਚ ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐਮ.ਐਸ.ਡੀ. ਸਕੂਲ ਅਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।

ਇੱਕ ਹੋਰ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁੱਦਾ ਵਸਤੂਆਂ ਰੱਖਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ।

ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐਲ, ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਬਲਕ ਪੀ.ਓ.ਐਲ ਟਰਮੀਨਲ ਫੂਸ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿੱਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।

ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਿਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ।

ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ ‘ਐਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ। ਹੁਕਮ ਅਨੁਸਾਰ ਅਜਿਹੇ ਮੈਡੀਕਲ/ਕੈਮਿਸਟ/ਫਾਰਮੇਸੀ ਦੁਕਾਨਾਂ ਦੇ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਗਾਉਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ਤੇ ਪਾੰਬਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ‘ਤੇ ਪੂਰਨ ਰੋਕ ਲਗਾਈ ਜਾਂਦੀ ਹੈ।

ਇਹ ਹੁਕਮ 7 ਅਕਤੂਬਰ 2024 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *