ਚੰਡੀਗੜ੍ਹ, 27 ਮਈ, 2025 :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਵਾਰਡ ਅਟੈਂਡੈਂਟ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਉਕਤ ਰਿਸ਼ਵਤ ਆਪਣੇ ਅਤੇ ਉਕਤ ਕਲਰਕ ਹਰਪ੍ਰੀਤ ਸਿੰਘ ਵਾਸਤੇ ਲਈ ਸੀ। ਤਕਨੀਕੀ ਵਿਸ਼ਲੇਸ਼ਣ ਨੇ ਵੀ ਰਿਸ਼ਵਤ ਮੰਗਣ ਅਤੇ ਲੈਣ ਲਈ ਉਨ੍ਹਾਂ ਦੋਵਾਂ ਦੀ ਮਿਲੀਭੁਗਤ ਨੂੰ ਸਾਬਤ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਲਜ਼ਮ ਦੇ ਖੁਲਾਸੇ ਦੇ ਆਧਾਰ ‘ਤੇ ਹਰਪ੍ਰੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅੱਜ ਉਸਨੂੰ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

