ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਿਹੈ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ: ਮੋਹਿੰਦਰ ਭਗਤ

ਜਲੰਧਰ,  23 ਮਈ :  ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਾਰਡ ਨੰਬਰ 54,55 ਅਤੇ 56 ਵਿਖੇ ਵਾਰਡ ਡਿਫੈਂਸ ਕਮੇਟੀਆਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਲਸੂੜੀ ਮੁਹੱਲਾ, ਬਸਤੀ ਮਿੱਠੂ ਅਤੇ ਬਾਬਾ ਬੁਢਾ ਜੀ ਨਗਰ ਵਿਖੇ ਹੋਈਆਂ ਇਨ੍ਹਾਂ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਤੇ ਮੁੜ ਵਸੇਬੇ ਲਈ ਢੁੱਕਵੀਆਂ ਇਲਾਜ ਸਹੂਲਤਾਂ ਉਪਲਬਧ ਕਰਵਾਉਣ ਤੋਂ ਇਲਾਵਾ ਜਨ ਜਾਗਰੂਕਤਾ ਰਾਹੀਂ ਘਰ-ਘਰ ਨਸ਼ਿਆਂ ਖਿਲਾਫ਼ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ।

ਸ਼੍ਰੀ ਭਗਤ ਨੇ ਵਾਰਡ ਡਿਫੈਂਸ ਕਮੇਟੀਆਂ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਸੁੱਟਣ ਲਈ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਆਪੋ-ਆਪਣੇ ਪਿੰਡਾਂ/ ਵਾਰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਤੋਂ ਇਲਾਵਾ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਦਕਾ ਨਸ਼ਿਆਂ ’ਤੇ ਨਿਰਭਰ ਲੋਕ ਨਸ਼ਿਆਂ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਂਦਿਆਂ ਇਸ ਨੂੰ ਜ਼ਿਲ੍ਹੇ ਦੇ ਘਰ-ਘਰ ਤੱਕ ਪਹੁੰਚਾਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਜਾਣੂ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਗਿਆ ਹੈ ਉਥੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਲੋਕਾਂ ਨੂੰ ਸਲਾਖ਼ਾਂ ਦੇ ਪਿੱਛੇ ਭੇਜਣ ਤੋਂ ਇਲਾਵਾ ਨਸ਼ਿਆਂ ਦੀ ਕਾਲੀ ਕਮਾਈ ਨਾਲ ਉਸਾਰੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਾਰਡ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਭਾਰੀ ਗਿਣਤੀ ਵਿੱਚ ਇਕੱਠ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਭਰੋਸਾ ਰੱਖਦੇ ਹਨ।

ਸ੍ਰੀ ਭਗਤ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਨੂੰ ਨਸ਼ਾ ਛੱਡਣ ਵਿੱਚ ਸਹਾਇਤਾ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਵੱਲ ਉਚੇਚਾ ਧਿਆਨ ਦੇ ਰਹੀ ਹੈ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ, ਨਸ਼ਿਆਂ ਦੀ ਵਰਤੋਂ ਨਾ ਕਰਨ ਦੇਣ, ਨਸ਼ਿਆਂ ਦੀ ਵਿਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਦਦ ਕਰਨ ਦੀ ਸਹੁੰ ਵੀ ਚੁਕਾਈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਖੁਦਮੁਖਤਿਆਰੀ ਦਿੱਤੀ ਗਈ ਹੈ। ਉਨ੍ਹਾਂ ਨਾਗਰਿਕਾਂ ਨੂੰ ਵਟਸਐਪ ਨੰਬਰ 9779-100-200 ਰਾਹੀਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਚੱਲਦੇ ਦੋ ਨਸ਼ਾ ਛੁਡਾਊ ਕੇਂਦਰਾਂ, ਸ਼ੇਖੇ ਪਿੰਡ ਵਿੱਚ ਚੱਲਦੇ ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ ਸਮੇਤ ਹੋਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਸਹਾਇਤਾ ਲਈ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ (0181-2911969) ਵੀ ਉਪਲਬਧ ਹੈ।

ਇਸ ਮੌਕੇ ਸੰਦੀਪ ਵਰਮਾ, ਮੁਕੇਸ਼ ਸੇਠੀ ਅਤੇ ਅਮਿਤ ਲੂਥਰਾ ਸਮੇਤ ਵਾਰਡ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

Leave a Reply

Your email address will not be published. Required fields are marked *