ਤਰਨਤਾਰਨ, 05 ਮਾਰਚ :
ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ।
ਵਿੱਤ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਮੌਕੇ ਐਸ.ਐਸ.ਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ ਸਾਲ ਦੌਰਾਨ 26 ਕਰੋੜ ਰੁਪਏ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਹਲਕੇ ਪੱਟੀ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਉਸਾਰਨ ’ਤੇ ਜ਼ੋਰ ਦਿੱਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਮਤੇ ਪਾਸ ਕਰਕੇ ਆਪਣੇ ਇਲਾਕਿਆਂ ਵਿੱਚ ਨਸ਼ਾ ਨਾ ਵਿਕਣ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨਾਂ ਦਾ ਨਸ਼ਿਆਂ ਤੋਂ ਖੇਡਾਂ ਵੱਲ ਧਿਆਨ ਕਰਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਦਿੱਤੀਆਂ ਜਾਣਗੀਆਂ। ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਰੱਖੇ |
ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੰਤਮ ਝਟਕਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਵਿਅਕਤੀਆਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਪੰਜਾਬ ਰਾਜ ਗੋਦਾਮ ਨਿਗਮ, ਸ੍ਰੀ ਬਲਜੀਤ ਸਿੰਘ ਖਹਿਰਾ ਚੇਅਰਮੈਨ ਖਾਦੀ ਬੋਰਡ, ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ, ਸ੍ਰੀ ਗੁਰਦੇਵ ਸਿੰਘ ਸੰਧੂ ਵਾਈਸ ਚੇਅਰਮੈਨ ਪੰਜਾਬ ਰਾਜ ਵਣ ਵਿਕਾਸ ਨਿਗਮ ਵੀ ਹਾਜ਼ਰ ਸਨ।