ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 15000 ਰੁਪਏ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਗ੍ਰਿਫ਼ਤਾਰ

ਚੰਡੀਗੜ੍ਹ 27 ਮਈ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟ੍ਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟ੍ਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰਦਾ ਰਿਹਾ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ‘ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟ੍ਰਾਂਸਫਰ ਕਰ ਦਿੱਤੇ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀਆਂ ਕਾਲ ਰਿਕਾਰਡਿੰਗਾਂ, ਯੂਪੀਆਈ ਲੈਣ-ਦੇਣ ਦੇ ਸਕ੍ਰੀਨਸ਼ਾਟ, ਬੈਂਕ ਸਟੇਟਮੈਂਟ ਅਤੇ ਵੌਇਸ ਸੁਨੇਹਿਆਂ ਸਮੇਤ ਦਿੱਤੇ ਗਏ ਸਬੂਤਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਰਤਾ ਤੋਂ 15,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਇਹ ਰਕਮ ਪ੍ਰਾਪਤ ਵੀ ਕਰ ਲਈ ਸੀ।
ਜਾਂਚ ਦੇ ਆਧਾਰ ‘ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਇਸ ਕੇਸ ਵਿੱਚ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਕਿਸੇ ਵੀ ਸ਼ਮੂਲੀਅਤ ਜਾਂ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

Leave a Reply

Your email address will not be published. Required fields are marked *